*‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਸਕੂਲ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੀ ਭਾਗੀਦਾਰੀ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਕਰਨਗੇ ਮਜ਼ਬੂਤ**ਨਸ਼ਿਆਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ 21,000 ਤੋਂ ਵੱਧ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਹੈ ਸਿਖਲਾਈਯਾਫ਼ਤਾ, ਪੰਜਾਬ ਵਿੱਚ ਸਕੂਲ-ਅਧਾਰਿਤ ਰੋਕਥਾਮ ਮੁਹਿੰਮ ਤੇਜ਼**ਨਸ਼ਾ ਵਿਰੋਧੀ ਕਲੱਬ, 500 ਮੀਟਰ ਦੇ ਨਸ਼ਾ-ਮੁਕਤ ਜ਼ੋਨ ਅਤੇ ਸੂਚਨਾ ਪੇਟੀਆਂ ਪੰਜਾਬ ਦੇ ਸਕੂਲਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਉਪਰਾਲਿਆਂ ਵਿੱਚ ਸ਼ਾਮਲ*
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਬੱਧ ਢੰਗ ਨਾਲ ਵੱਖ- ਵੱਖ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ ਹੈ।ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਵੱਲੋਂ ਜਾਰੀ ਗਤੀਵਿਧੀ ਕੈਲੰਡਰ ਅਨੁਸਾਰ, ਸਕੂਲ ਪੂਰੇ ਵਿੱਦਿਅਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਭਾਈਚਾਰੇ ਦੇ ਹੋਰ ਮੈਂਬਰਾਂ ਨੂੰ ਸ਼ਾਮਲ ਕਰਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਉਣਗੇ। ਅਗਸਤ ਮਹੀਨੇ ਦੌਰਾਨ, ਵਿਦਿਆਰਥੀ ਨਸ਼ਾ ਵਿਰੋਧੀ ਸੰਦੇਸ਼ਾਂ ਵਾਲੇ ਪੋਸਟਰ ਬਣਾਉਣਗੇ।ਸਤੰਬਰ ਮਹੀਨਾ ਵਿਸ਼ੇਸ਼ ਤੌਰ ’ਤੇ ਮਾਪਿਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਨ ਲਈ ਸਮਰਪਿਤ ਹੋਵੇਗਾ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਮਾਪੇ-ਅਧਿਆਪਕ ਮੀਟਿੰਗਾਂ (PTMs) ਰਾਹੀਂ ਮਾਪਿਆਂ ਨੂੰ ਨਸ਼ੀਲੇ ਪਦਾਰਥਾਂ ਨਾਲ ਜੁੜੇ ਖ਼ਤਰਿਆਂ ਅਤੇ ਨਸ਼ਿਆਂ ਦੀ ਸਮੱਸਿਆ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਤੇ ਸਮੇਂ ਸਿਰ ਦਖ਼ਲਅੰਦਾਜ਼ੀ ਦੀ ਮਹੱਤਤਾ ਬਾਰੇ ਜਾਗਰੂਕ ਕਰਨ।ਅਕਤੂਬਰ ਵਿੱਚ, ਕਵਿਤਾ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਨਵੰਬਰ ਤੋਂ ਫਰਵਰੀ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਵਰਕਸ਼ਾਪਾਂ ਕਰਵਾਉਣ ਤੋਂ ਇਲਾਵਾ, ਸਥਾਨਕ ਭਾਈਚਾਰੇ ਦੇ ਮੈਂਬਰਾਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਨ ਲਈ ਸੱਦਾ ਦਿੱਤਾ ਜਾਵੇਗਾ। ਸਵੇਰ ਦੀਆਂ ਸਭਾਵਾਂ ਵਿੱਚ ਨਸ਼ਾ ਵਿਰੋਧੀ ਸਹੁੰ ਚੁਕਾਈ ਜਾਵੇਗੀ ਅਤੇ ਵਿਦਿਆਰਥੀਆਂ ਨਾਲ ਸੰਵਾਦਾਤਮਕ ਸੈਸ਼ਨ ਕਰਵਾਏ ਜਾਣਗੇ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।ਸਕੂਲਾਂ ਨੂੰ ਨਸ਼ਾ-ਮੁਕਤ ਕਲੱਬ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਅਧਿਆਪਕਾਂ, ਸਕੂਲ ਮੁਖੀਆਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਮੈਂਬਰ ਬਣਾਇਆ ਜਾਵੇਗਾ। ਉਨ੍ਹਾਂ ਨੂੰ ਰਚਨਾਤਮਕ ਅਤੇ ਸੰਵਾਦਾਤਮਕ ਢੰਗਾਂ ਰਾਹੀਂ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਵੀ ਕਿਹਾ ਗਿਆ ਹੈ, ਤਾਂ ਜੋ ਵਿਦਿਆਰਥੀ ਇਸ ਮੁੱਦੇ ਨਾਲ ਸਿਰਫ਼ ਰਵਾਇਤੀ ਲੈਕਚਰਾਂ ਤੱਕ ਸੀਮਤ ਰਹਿਣ ਦੀ ਬਜਾਏ ਸਰਗਰਮੀ ਨਾਲ ਜੁੜ ਸਕਣ। ਸਿਹਤਮੰਦ ਜੀਵਨਸ਼ੈਲੀ ਅਤੇ ਸੋਚ-ਸਮਝ ਕੇ ਫ਼ੈਸਲੇ ਲੈਣ ’ਤੇ ਕੇਂਦਰਿਤ ਗਤੀਵਿਧੀਆਂ ਇਸ ਪ੍ਰੋਗਰਾਮ ਦਾ ਅਹਿਮ ਹਿੱਸਾ ਹੋਣਗੀਆਂ।ਇਸ ਮੁਹਿੰਮ ਦਾ ਇੱਕ ਹੋਰ ਮੁੱਖ ਫੋਕਸ ਅਜਿਹੇ ਅਧਿਆਪਕਾਂ ਨੂੰ ਤਿਆਰ ਕਰਨਾ ਹੈ, ਜੋ ਵਿਦਿਆਰਥੀਆਂ ਵਿੱਚ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਨੂੰ ਸਮਝਦੇ ਹੋਣ। 21,000 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦਖ਼ਲ ਦੇਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ, ਸਕੂਲ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਸਿੱਖਿਅਤ ਕਰਨ ਲਈ ਵੀਡੀਓ-ਆਧਾਰਿਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕਰਨਗੇ। ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ, ਸਕੂਲਾਂ ਨੂੰ ਗੁੰਮਨਾਮ ਸੂਚਨਾ ਪੇਟੀਆਂ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀ ਨਸ਼ੀਲੇ ਪਦਾਰਥਾਂ ਦੀ ਸੰਭਾਵਿਤ ਦੁਰਵਰਤੋਂ ਜਾਂ ਇਸ ਨਾਲ ਜੁੜੇ ਹੋਰ ਮਾਮਲਿਆਂ ਦੀ ਸੂਚਨਾ ਦੇ ਸਕਣ।ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਨਸ਼ਿਆਂ ਖ਼ਿਲਾਫ਼ ਲੜਾਈ ਕਲਾਸਰੂਮ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਸਿੱਖਿਆ ਅਤੇ ਰੋਕਥਾਮ ਨਸ਼ਿਆਂ ਖ਼ਿਲਾਫ਼ ਇਸ ਫ਼ੈਸਲਾਕੁੰਨ ਲੜਾਈ ਵਿੱਚ ਸਾਡੇ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹਨ। ਜਾਗਰੂਕਤਾ, ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰਨਾ ਹੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਦਾ ਇੱਕੋ-ਇੱਕ ਟਿਕਾਊ ਰਸਤਾ ਹੈ।”ਨਿਰਦੇਸ਼ਾਂ ਤਹਿਤ, ਸਕੂਲਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸਕੂਲ ਦੀ ਇਮਾਰਤ ਦੇ ਆਲੇ-ਦੁਆਲੇ 500 ਮੀਟਰ ਦਾ ਖੇਤਰ ਨਸ਼ਾ-ਮੁਕਤ ਹੋਵੇ ਅਤੇ ਉਹ ਸਮੇਂ-ਸਮੇਂ ’ਤੇ ਇਸ ਦੀ ਪਾਲਣਾ ਸਬੰਧੀ ਰਿਪੋਰਟ ਦੇਣ। ਗਤੀਵਿਧੀਆਂ ਦੀ ਨਿਗਰਾਨੀ ਲਈ ਇੱਕ ਵਿਧੀ ਵੀ ਲਾਜ਼ਮੀ ਕੀਤੀ ਗਈ ਹੈ। ਇਸ ਤਹਿਤ ਸਕੂਲ ਮੁਖੀਆਂ ਅਤੇ ਮੈਂਟਰਾਂ ਨੂੰ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਤਸਵੀਰਾਂ ਸਮੇਤ ਉਨ੍ਹਾਂ ਦਾ ਰਿਕਾਰਡ ਰੱਖਣ ਲਈ ਕਿਹਾ ਗਿਆ ਹੈ।ਸਾਲ ਭਰ ਚੱਲਣ ਵਾਲਾ ਇਹ ਕੈਲੰਡਰ ਪੰਜਾਬ ਦੀ ਵਿਆਪਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਵਿਦਿਆਰਥੀਆਂ ਦੀ ਭਾਗੀਦਾਰੀ, ਅਧਿਆਪਕਾਂ ਦੀ ਸਮਰੱਥਾ-ਨਿਰਮਾਣ, ਵਿਦਿਅਕ ਸਮੱਗਰੀ ਅਤੇ ਭਾਈਚਾਰੇ ਦੀ ਸ਼ਮੂਲੀਅਤ ਨੂੰ ਜੋੜ ਕੇ ਸਕੂਲਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਇੱਕ ਨਿਰੰਤਰ ਪ੍ਰਬੰਧ ਤਿਆਰ ਕਰਨਾ ਹੈ।
Punjab-Schools-To-Lead-Year-long-yudh-Nashean-Virudh-Campaign-With-Anti-drug-Awareness-Activities
PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.
Meenu Galhotra (Editor)