June 27, 2026 02:47:08

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

Jun4,2025 | Meenu Galhotra | Chandigarh

•ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ

•ਸਿੱਖਿਆ ਮੰਤਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਦੱਸਿਆ


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।

ਇੱਕ ਹੋਣਹਾਰ ਵਿਦਿਆਰਥੀ ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ, ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਜ਼ਿੰਦਗੀ ਵਿੱਚ ਵੱਡੇ ਸਦਮੇ 'ਚੋਂ ਲੰਘਣ ਦੇ ਬਾਵਜੂਦ ਜੇਈਈ ਪ੍ਰੀਖਿਆ ਪਾਸ ਕੀਤੀ ਕੀਤੀ ਹੈ। ਅਰਸ਼ਦੀਪ ਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਸੁਨੀਤਾ ਰਾਣੀ ਨੇ ਅੱਠ ਹਜ਼ਾਰ ਰੁਪਏ ਮਹੀਨੇ 'ਤੇ ਸਫ਼ਾਈ ਕਰਮਚਾਰੀ ਵਜੋਂ ਕੰਮ ਕੀਤਾ। ਇਸ ਸਭ ਦੇ ਬਾਵਜੂਦ ਅਰਸ਼ਦੀਪ ਦੀ ਮਾਂ ਨੇ ਉਸਦੇ ਸੁਪਨਿਆਂ ਤੇ ਇਰਾਦਿਆਂ ਨੂੰ ਪੂਰਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਿਆ। ਅਰਸ਼ਦੀਪ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਮੁਫ਼ਤ ਕੋਚਿੰਗ ਅਤੇ ਆਪਣੀ ਸਖ਼ਤ ਮਿਹਨਤ ਅਤੇ ਆਪਣੀ ਮਾਂ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਤੇ ਸਮਰਥਨ ਨਾਲ ਇਹ ਵੱਡੀ ਪ੍ਰਾਪਤੀ ਕੀਤੀ ਹੈ।। ਹੁਣ ਇੱਕ ਆਈਆਈਟੀ ਕੁਆਲੀਫਾਇਰ ਵਜੋਂ ਅਰਸ਼ਦੀਪ ਆਪਣੇ ਪਰਿਵਾਰ ਦੇ ਹਾਲਾਤਾਂ ਨੂੰ ਸੁਧਾਰ ਸਕਦਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਕਹਾਣੀ ਸਾਂਝੀ ਕਰਦਿਆਂ ਦੱਸਿਆ ਕਿ ਲਵਪ੍ਰੀਤ ਨੇ ਪ੍ਰਾਈਵੇਟ ਕੋਚਿੰਗ ਤੋਂ ਬਿਨਾਂ ਜੇਈਈ ਪ੍ਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਦੀ ਮਦਦ ਅਤੇ ਮੁਫ਼ਤ ਕੋਚਿੰਗ ਬਦੌਲਤ ਲਵਪ੍ਰੀਤ ਨੇ ਸੀਮਤ ਵਿੱਤੀ ਸਾਧਨਾਂ ਦੇ ਬਾਵਜੂਦ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲਵਪ੍ਰੀਤ ਦੀ ਕਹਾਣੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮੀ ਪੱਧਰ 'ਤੇ ਮੁਕਾਮ ਹਾਸਲ ਕਰਨ ਵਾਸਤੇ ਸਸ਼ਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਦੀ ਸ਼ਕਤੀ ਨੂੰ ਦਰਸਾਉਂਦੀ ਹੈ।

ਇੱਕ ਹੋਰ ਵਿਦਿਆਰਥੀ ਦੀ ਪ੍ਰੇਰਨਾਦਾਇਕ ਕਹਾਣੀ ਸਾਂਝੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਹਰਕਿਰਨ ਦਾਸ ਨੇ ਜੇ.ਈ.ਈ. ਪਾਸ ਕੀਤੀ ਹੈ। ਉਸਦੇ ਪਿਤਾ ਮੇਵਾ ਦਾਸ ਇੱਕ ਫੈਕਟਰੀ ਵਿੱਚ 7 ਹਜ਼ਾਰ ਰੁਪਏ ਮਹੀਨਾ ਉੱਤੇ ਕੰਮ ਕਰਦੇ ਹਨ। ਇਸ ਦੇ ਬਾਵਜੂਦ ਹਰਕਿਰਨ ਦੇ ਦ੍ਰਿੜ੍ਹ ਇਰਾਦੇ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮੁਫ਼ਤ ਕੋਚਿੰਗ ਪ੍ਰੋਗਰਾਮ ਨੇ ਉਸ ਨੂੰ ਆਰਥਿਕ ਮੁਸ਼ਕਲਾਂ ਦੇ ਪਾਰ ਪਾ ਕੇ ਇਹ ਪ੍ਰੀਖਿਆ ਪਾਸ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਅਕਾਦਮਿਕ ਸਹਾਇਤਾ, ਸਵਾਲ ਜਵਾਬ ਸੈਸ਼ਨ ਅਤੇ ਮਾਰਗਦਰਸ਼ਨ ਨੇ ਉਸਨੂੰ ਲੋੜੀਂਦਾ ਸਮਰਥਨ ਪ੍ਰਦਾਨ ਕਰਕੇ ਆਪਣੀ ਮੰਜ਼ਿਲ ਵੱਲ ਵਧਣ 'ਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਹਰਕਿਰਨ ਦੀ ਕਹਾਣੀ ਹੋਰ ਵਿਦਿਆਰਥੀਆਂ ਨੂੰ ਮੁਸ਼ਕਲਾਂ ਦੇ ਬਾਵਜੂਦ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ ਰਹਿਣ ਵਾਸਤੇ ਪ੍ਰੇਰਿਤ ਕਰਦੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਸਿੱਖਿਆ ਦੀ ਸ਼ਕਤੀ, ਜ਼ਿੰਦਗੀ ਵਿੱਚ ਕੁੱਝ ਕਰ ਗੁਜ਼ਰਨ ਦੇ ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦਾ ਠੋਸ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਹੇਠਲੇ ਪੱਧਰ ਤੋਂ ਉੱਠ ਕੇ ਵੱਡੇ ਮੁਕਾਮ ਹਾਸਲ ਕਰਦਿਆਂ ਸਾਬਤ ਕਰ ਦਿੱਤਾ ਹੈ ਕਿ ਦ੍ਰਿੜਤਾ ਅਤੇ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਬਿਨਾਂ ਸ਼ੱਕ ਦੂਜੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਨਾਲ ਆਪਣੀ ਮੰਜ਼ਿਲ ਹਾਸਲ ਲਈ ਯਤਨਸ਼ੀਲ ਰਹਿਣ ਵਾਸਤੇ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ। ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਬਰਾਬਰੀ ਦੇ ਸਮਾਜ ਦੀ ਸਿਰਜਣਾ, ਜਿੱਥੇ ਹਰ ਵਿਦਿਆਰਥੀ ਆਪਣੀ ਪੂਰੀ ਸਮਰੱਥਾ ਨਾਲ ਅੱਗੇ ਵਧਦਿਆਂ ਤਰੱਕੀ ਕਰ ਸਕੇ, ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਲਈ ਸਿਰਫ਼ ਇੱਕ ਮੀਲ ਪੱਥਰ ਨਹੀਂ ਹੈ, ਸਗੋਂ ਜ਼ਿੰਦਗੀ ਨੂੰ ਬਦਲਣ ਲਈ ਸਿੱਖਿਆ ਦੀ ਸ਼ਕਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਾਂਗੇ ਕਿ ਪੰਜਾਬ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫਲ ਹੋਣ ਦੇ ਬਰਾਬਰ ਮੌਕੇ ਮਿਲਣ।

Punjab-s-Students-Create-History-40-Students-From-Government-Schools-Pass-Jee-advanced-Exam


About Us


PunjabAMPM is an English, Hindi and Punjabi language news paper as well as web portal. Since its launch, PunjabAMPM has created a niche for itself for true and fast reporting among its readers in India.

Meenu Galhotra (Editor)

We are Social


Address


PunjabAMPM
House no 3, street no 1, New Aggar Nagar, behind mediways hospital, Ferozepur road Ludhiana 141001
Mobile: +91 98769 60522
Email: punjabampm0161@gmail.com

Copyright Punjab AMPM | 2023
Website by: Webhead